ਨੈਸ਼ਨਲ ਕੌਂਸਲ ਫਾਰ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (NCERT) ਵੱਲੋਂ ਸੋਮਵਾਰ ਨੂੰ ਜਾਰੀ ਕੀਤੀ ਗਈ ਇੱਕ ਰਿਪੋਰਟ ਮੁਤਾਬਕ ਨੈਸ਼ਨਲ ਅਚੀਵਮੈਂਟ ਸਰਵੇ (NAS) 2024 ਵਿੱਚ ਪੰਜਾਬ ਮੋਹਰੀ ਰਿਹਾ ਹੈ। NAS ਭਾਰਤ ਦਾ ਸਭ ਤੋਂ ਭਰੋਸੇਯੋਗ ਸਰਵੇਖਣ ਹੈ ਜੋ ਦੇਸ਼ ਭਰ ਵਿੱਚ ਵਿੱਦਿਅਕ ਨਤੀਜਿਆਂ ਬਾਰੇ ਕੀਮਤੀ ਸੂਝ ਪ੍ਰਦਾਨ ਕਰਨ ਲਈ ਤੀਜੀ, ਛੇਵੀਂ ਅਤੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਸਿੱਖਣ ਪ੍ਰਾਪਤੀਆਂ ਦਾ ਮੁਲਾਂਕਣ ਕਰਦਾ ਹੈ।
NCERT ਵੱਲੋਂ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਹਿਯੋਗ ਨਾਲ ਦਸੰਬਰ 2024 ਵਿੱਚ ਇਹ ਦੇਸ਼ ਪੱਧਰੀ ਸਰਵੇਖਣ ਕਰਵਾਇਆ ਗਿਆ ਤਾਂ ਜੋ ਸਿੱਖਣ ਦੇ ਨਤੀਜਿਆਂ ਦਾ ਮੁਲਾਂਕਣ ਕੀਤਾ ਜਾ ਸਕੇ ਅਤੇ ਸੁਧਾਰ ਵਾਲੇ ਖੇਤਰਾਂ ਦੀ ਪਛਾਣ ਕੀਤੀ ਜਾ ਸਕੇ, ਜਿਸ ਵਿੱਚ ਦੇਸ਼ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਸ ਵਿਚ ਪੰਜਾਬ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਪੰਜਾਬ ਨੇ ਤੀਜੀ ਜਮਾਤ ਦੀ ਰੈਂਕਿੰਗ ਵਿੱਚ 80 ਅੰਕਾਂ ਨਾਲ ਹਿਮਾਚਲ ਪ੍ਰਦੇਸ਼ (74) ਅਤੇ ਕੇਰਲਾ (73) ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਛੇਵੀਂ ਜਮਾਤ ਲਈ ਪੰਜਾਬ ਅਤੇ ਕੇਰਲਾ 67-67 ਅੰਕਾਂ ਨਾਲ ਸਾਂਝੇ ਤੌਰ 'ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸੂਬੇ ਰਹੇ ਹਨ। ਇਸ ਦੇ ਨਾਲ ਹੀ 9ਵੀਂ ਜਮਾਤ ਦੀ ਰੈਂਕਿੰਗ ਵਿੱਚ ਪੰਜਾਬ ਨੇ 57 ਅੰਕਾਂ ਨਾਲ ਹੋਰਨਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ।
ਸਿੱਖਿਆ ਮੰਤਰੀ ਨੇ ਕਿਹਾ ਕਿ ਐਨ.ਏ.ਐਸ. 2024 ਵਿੱਚ ਪੰਜਾਬ ਦਾ ਸ਼ਾਨਦਾਰ ਪ੍ਰਦਰਸ਼ਨ ਪੰਜਾਬ ਸਰਕਾਰ ਦੇ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਅਤੇ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਪ੍ਰਤੀ ਸਮਰਪਣ ਨੂੰ ਦਰਸਾਉਂਦਾ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਇਸ ਸਫ਼ਲਤਾ ਨੂੰ ਜਾਰੀ ਰੱਖੇਗੀ ਅਤੇ ਵਿਦਿਆਰਥੀਆਂ ਨੂੰ ਸਭ ਤੋਂ ਵਧੀਆ ਸਿੱਖਿਆ ਪ੍ਰਦਾਨ ਕਰਨ ਲਈ ਸਿੱਖਿਆ ਪ੍ਰਣਾਲੀ ਦੇ ਮਿਆਰਾਂ ਨੂੰ ਹੋਰ ਉੱਚਾ ਚੁੱਕਣ ਲਈ ਯਤਨ ਜਾਰੀ ਰੱਖੇਗੀ।